Ropar News: ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੇ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕਰਕੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਸਵਾਲ ਚੁੱਕੇ।
Trending Photos
Ropar News(ਤੇਜਿੰਦਰ ਸਿੰਘ): ਰੋਪੜ ਦੇ ਸਰਕਾਰੀ ਹਸਪਤਾਲ ਵਿੱਚ ਸਥਿਤ ਨਸ਼ਾ ਮੁਕਤੀ ਕੇਂਦਰ ਉਸ ਵੇਲੇ ਵਿਵਾਦ ਦਾ ਕੇਂਦਰ ਬਣ ਗਿਆ ਹੈ ਜਦੋਂ ਉੱਥੇ ਦਾਖਲ ਇਕ ਨੌਜਵਾਨ ਮਰੀਜ਼ ਨੇ ਅੰਦਰੋਂ ਇੱਕ ਹੈਰਾਨ ਕਰ ਦੇਣ ਵਾਲਾ ਵੀਡੀਓ ਬਣਾ ਕੇ ਵਾਇਰਲ ਕਰ ਦਿੱਤਾ। ਇਸ ਵੀਡੀਓ ਵਿੱਚ ਨੌਜਵਾਨ ਨੇ ਦਾਅਵਾ ਕੀਤਾ ਕਿ ਕੇਂਦਰ ਦੇ ਅੰਦਰ ਹੀ ਨਸ਼ਾ ਵਿਕ ਰਿਹਾ ਹੈ ਅਤੇ ਉਸਨੇ ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਚੀਜ਼ਾਂ ਵੀ ਵੀਡੀਓ 'ਚ ਦਿਖਾਈਆਂ, ਜਿਸ ਨਾਲ ਨਸ਼ਾ ਮੁਕਤੀ ਕੇਂਦਰ 'ਤੇ ਵੱਡੇ ਸਵਾਲ ਖੜੇ ਹੋ ਗਏ ਹਨ।
ਇਹ ਵੀਡੀਓ ਜਦੋਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਤੱਕ ਪਹੁੰਚੀ ਤਾਂ ਉਨ੍ਹਾਂ ਨੇ ਇਸਨੂੰ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਕਰਕੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੈ ਕੇ ਸਵਾਲ ਚੁੱਕੇ। ਚੰਨੀ ਨੇ ਲਿਖਿਆ, “ਇਹ ਹੈ ਨਸ਼ਿਆਂ ਵਿਰੁੱਧ ਮੁਹਿੰਮ ਦਾ ਅਸਲ ਚਿਹਰਾ। ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਨੌਜਵਾਨੀ ਨਾਲ ਖੇਡ ਰਹੀ ਹੈ।”
ਉੱਥੇ ਹੀ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਉਪਿੰਦਰ ਸਿੰਘ ਨੇ ਮਾਮਲੇ 'ਤੇ ਬਿਆਨ ਦਿੰਦਿਆਂ ਕਿਹਾ ਕਿ ਵੀਡੀਓ ਬਣਾਉਣ ਵਾਲਾ ਨੌਜਵਾਨ ਇਸ ਵੇਲੇ ਨਿਆਂਇਕ ਹਿਰਾਸਤ ਵਿੱਚ ਹੈ ਅਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਮੁਕਤੀ ਕੇਂਦਰ ਦੇ ਆਲੇ ਦੁਆਲੇ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ, ਇਮਾਰਤ ਦੇ ਚਾਰ ਪਾਸੇ ਜਾਲੀਆਂ ਲਗਾਈਆਂ ਗਈਆਂ ਹਨ। ਡਾ. ਉਪਿੰਦਰ ਨੇ ਇਸ ਮਾਮਲੇ ਨੂੰ ਸੁਰੱਖਿਆ ਕਰਮੀਆਂ ਦੀ ਲਾਪਰਵਾਹੀ ਕਰਾਰ ਦਿੱਤਾ ਅਤੇ ਕਿਹਾ ਕਿ ਦੋ ਦਿਨਾਂ ਵਿੱਚ ਜਾਂਚ ਪੂਰੀ ਕਰਕੇ ਸਚਾਈ ਸਾਹਮਣੇ ਲਿਆਂਦੀ ਜਾਵੇਗੀ।