Kotkapura News: ਕੋਟਕਪੂਰਾ ਦੇ ਪਿੰਡ ਸੰਧਵਾਂ ਵਿੱਚ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਦੇ 2 ਮੈਂਬਰ ਵਾਟਰ ਵਰਕਸ ਦੀ ਟੈਂਕੀ ਉਤੇ ਚੜ੍ਹ ਗਏ ਹਨ।
Trending Photos
Kotkapura News(ਕੇ ਸੀ ਸੰਜੇ): ਕੋਟਕਪੂਰਾ ਦੇ ਪਿੰਡ ਸੰਧਵਾਂ ਵਿੱਚ ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਦੇ 2 ਮੈਂਬਰ ਵਾਟਰ ਵਰਕਸ ਦੀ ਟੈਂਕੀ ਉਤੇ ਚੜ੍ਹ ਗਏ ਹਨ ਅਤੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸਿਹਤ ਅਤੇ ਸਿੱਖਿਆ ਵਿਭਾਗ ਦੇ ਬੇਰੁਜ਼ਗਾਰਾਂ ਦੇ ਇਸ ਸਾਂਝੇ ਮੋਰਚੇ ਵੱਲੋਂ ਦੋਵੇਂ ਵਿਭਾਗਾਂ ਵਿੱਚ ਨਵੀਆਂ ਪੋਸਟਾਂ ਦੀ ਭਰਤੀ ਸ਼ੁਰੂ ਕਰਨ ਉਮਰ ਦੀ ਹੱਦ ਵਧਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਫਰੀਦਕੋਟ ਵਿਖੇ 15 ਅਗਸਤ ਨੂੰ ਝੰਡਾ ਲਹਿਰਾਉਣ ਆ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਉਨਾਂ ਦੀ ਮੀਟਿੰਗ ਕਰਵਾਈ ਜਾਵੇ। ਸੂਚਨਾ ਤੋਂ ਬਾਅਦ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਇਨਾ ਬੇਰੁਜ਼ਗਾਰਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
ਜਾਣਕਾਰੀ ਮੁਤਾਬਕ ਸਿੱਖਿਆ ਅਤੇ ਸਿਹਤ ਵਿਭਾਗ ਦੀਆਂ ਖਾਲੀਆਂ ਪੋਸਟਾਂ ਨੂੰ ਭਰਨ ਦੀ ਮੰਗ ਨੂੰ ਲੈ ਕੇ ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਪਿਛਲੇ ਲੰਬੇ ਸਮੇਂ ਤੋਂ ਹੀ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ। ਮੋਰਚੇ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਦੋਵੇਂ ਵਿਭਾਗਾਂ ਵਿੱਚ ਜੋ ਵੀ ਨਵੀਂ ਭਰਤੀ ਕੀਤੀ ਜਾ ਰਹੀ ਹੈ ਉਸ ਵਿੱਚ ਉਮਰ ਦੀ ਛੋਟ ਵਿੱਚ ਵਾਧਾ ਕੀਤਾ ਜਾਵੇ ਪਰ ਇਸ ਬਾਰੇ ਵੀ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਇਸ ਮੌਕੇ ਉਤੇ ਗੱਲਬਾਤ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਉਹ ਜਦ ਕਦੇ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਘਰ ਧਰਨਾ ਦੇਣ ਵਾਸਤੇ ਜਾਂਦੇ ਹਨ ਤਾਂ ਉਨਾਂ ਨੂੰ ਸਿਰਫ ਡਾਂਗਾਂ ਹੀ ਮਿਲਦੀਆਂ ਹਨ।
ਉਨ੍ਹਾਂ ਨੇ ਕਿਹਾ ਕਿ 15 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿਖੇ ਪਹੁੰਚ ਰਹੇ ਹਨ ਅਤੇ ਉਹ ਮੁੱਖ ਮੰਤਰੀ ਦੇ ਨਾਲ ਮੁਲਾਕਾਤ ਕਰਨ ਵਾਸਤੇ ਇੱਥੇ ਆਏ ਸਨ ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਫਰੀਦਕੋਟ ਵਿੱਚ ਦਾਖ਼ਲ ਹੀ ਨਹੀਂ ਹੋਣ ਦਿੱਤਾ ਜਿਸ ਉਤੇ ਰੋਸ ਵਿੱਚ ਉਹ ਪਾਣੀ ਦੀ ਟੈਂਕੀ ਉਤੇ ਚੜ੍ਹ ਕੇ ਆਪਣਾ ਪ੍ਰਦਰਸ਼ਨ ਕਰਨ ਵਾਸਤੇ ਮਜਬੂਰ ਹੋਏ ਹਨ।
ਇਸ ਮੌਕੇ ਗੱਲਬਾਤ ਕਰਦੇ ਹੋਏ ਮੋਰਚੇ ਦੇ ਸੂਬਾ ਕਨਵੀਨਰ ਅਤੇ ਹੋਰ ਆਗੂਆਂ ਨੇ ਦੱਸਿਆ ਕਿ ਜਦੋਂ ਤੱਕ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਨਹੀਂ ਦਿੱਤਾ ਜਾਂਦਾ ਉਹ ਆਪਣੀ ਇਸ ਸੰਘਰਸ਼ ਨੂੰ ਇਸੇ ਤਰ੍ਹਾਂ ਜਾਰੀ ਰੱਖਣਗੇ ਅਤੇ ਉਨ੍ਹਾਂ ਦੇ ਸਾਥੀ ਵੀ ਪਾਣੀ ਦੀ ਟੈਂਕੀ ਤੋਂ ਨਹੀਂ ਉਤਰਨਗੇ।