Sangrur News: ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂ ਨੂੰ ਇਸ ਸਮੇਂ ਦੌਰਾਨ ਆਪਣੀ ਸਰਕਾਰ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਅਕਾਲੀ ਸ਼ਾਸਨ ਦੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਸੂਬੇ ਵਿੱਚ ਤੇਜ਼ੀ ਨਾਲ ਪਸਾਰ ਹੋਇਆ।
Trending Photos
Sangrur News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲਾਂ `ਤੇ ਸੂਬੇ ਨੂੰ ਰਾਜਨੀਤਿਕ, ਆਰਥਿਕ ਅਤੇ ਧਾਰਮਿਕ ਤੌਰ `ਤੇ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਸੂਬੇ ਵਿੱਚ ਆਪਣੇ ਹਨੇਰਗਰਦੀ ਵਾਲੇ ਲੰਮੇ ਸ਼ਾਸਨ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ `ਤੇ ਵਿਅੰਗ ਕਸਦਿਆਂ ਕਿਹਾ ਕਿ ਬਾਦਲਾਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਰਵਾਹ ਕੀਤੇ ਬਿਨਾਂ ਸਿਰਫ਼ ਆਪਣੇ ਕਾਰੋਬਾਰ ਵਧਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 2007-2017 ਦਾ ਸਮਾਂ ਸੂਬੇ ਦਾ ਸਭ ਤੋਂ ਕਾਲਾ ਦੌਰ ਸੀ, ਜਦੋਂ ਟਰਾਂਸਪੋਰਟ, ਕੇਬਲ, ਰੇਤ, ਨਸ਼ਾ ਅਤੇ ਹੋਰ ਮਾਫੀਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਭਗਵੰਤ ਸਿੰਘ ਮਾਨ ਨੇ ਅਕਾਲੀ ਆਗੂ ਨੂੰ ਇਸ ਸਮੇਂ ਦੌਰਾਨ ਆਪਣੀ ਸਰਕਾਰ ਦੀ ਇਕ ਵੀ ਪ੍ਰਾਪਤੀ ਗਿਣਾਉਣ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ ਅਕਾਲੀ ਸ਼ਾਸਨ ਦੀ ਸਰਪ੍ਰਸਤੀ ਹੇਠ ਨਸ਼ਿਆਂ ਦਾ ਸੂਬੇ ਵਿੱਚ ਤੇਜ਼ੀ ਨਾਲ ਪਸਾਰ ਹੋਇਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੂਰੇ ਉਤਸ਼ਾਹ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰ ਰਹੀ ਹੈ ਅਤੇ ਇਨ੍ਹਾਂ ਆਗੂਆਂ ਨੂੰ ਹੁਣ ਉਨ੍ਹਾਂ ਦੇ ਪਾਪਾਂ ਦੀ ਕੀਮਤ ਚੁਕਾਉਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿਰੁੱਧ ਘਿਨਾਉਣੇ ਅਪਰਾਧਾਂ ਲਈ ਜ਼ਿੰਮੇਵਾਰ ਆਗੂਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਹੀ ਇਕ ਮਿਸਾਲ ਨਾਭਾ ਜੇਲ੍ਹ ਵਿੱਚ ਬੰਦ ਨਸ਼ਿਆਂ ਦਾ ਸਰਗਨਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਦੋਂ ਮੌਜੂਦਾ ਸੂਬਾ ਸਰਕਾਰ ਅਜਿਹੇ ਅਨਸਰਾਂ ਵਿਰੁੱਧ ਲੜ ਰਹੀ ਹੈ ਤਾਂ ਰਵਾਇਤੀ ਪਾਰਟੀਆਂ ਇਨ੍ਹਾਂ ਨੂੰ ਬਚਾਉਣ ਲਈ ਆਪਸ ਵਿੱਚ ਰਲੀਆਂ ਹੋਈਆਂ ਹਨ।
ਨਸ਼ਿਆਂ ਦੇ ਦੋਸ਼ਾਂ ਹੇਠ ਨਾਭਾ ਜੇਲ੍ਹ ਵਿੱਚ ਬੰਦ ਸਾਬਕਾ ਅਕਾਲੀ ਮੰਤਰੀ ਦੀ ਹਮਾਇਤ ਕਰ ਰਹੀਆਂ ਰਵਾਇਤੀ ਪਾਰਟੀਆਂ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾ, ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਖੁੱਲ੍ਹ ਕੇ ਉਸ ਦੀ ਹਮਾਇਤ ਵਿੱਚ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਰਵਾਇਤੀ ਸਿਆਸੀ ਪਾਰਟੀਆਂ ਦੀ ਮਿਲੀਭੁਗਤ ਨੂੰ ਬੇਨਕਾਬ ਕਰਦਾ ਹੈ ਅਤੇ ਜਦੋਂ ਉਹ ਸੱਤਾ ਵਿੱਚ ਹੁੰਦੇ ਹਨ ਤਾਂ ਇਕ ਦੂਜੇ ਦੇ ਗਲਤ ਕੰਮਾਂ `ਤੇ ਪਰਦਾ ਪਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਇਕ ਵਾਰ ਫਿਰ ਉਨ੍ਹਾਂ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਪੱਸ਼ਟ ਕਰਨ ਕਿ ਉਹ ਨਸ਼ਾ ਤਸਕਰਾਂ ਦੇ ਨਾਲ ਹਨ ਜਾਂ ਉਨ੍ਹਾਂ ਦੇ ਵਿਰੁੱਧ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਧਰਮ ਨੂੰ ਵੀ ਨਹੀਂ ਬਖਸ਼ਿਆ ਅਤੇ ਆਪਣੇ ਨਿੱਜੀ ਹਿੱਤਾਂ ਲਈ ਪੈਸਾ ਲੁੱਟਿਆ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਨੂੰ ਨਾ ਤਾਂ ਪੰਜਾਬ ਦੇ ਸੱਭਿਆਚਾਰ, ਭੂਗੋਲ, ਧਰਮ ਦਾ ਗਿਆਨ ਹੈ ਅਤੇ ਨਾ ਹੀ ਮੁੱਢਲੀ ਪੰਜਾਬੀ ਭਾਸ਼ਾ ਬਾਰੇ ਪਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਪੁੱਤਰ ਸੂਬੇ ਵਿੱਚ ਸੱਤਾ ਹਥਿਆਉਣ ਲਈ ਕਾਹਲਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਅਕਾਲੀ ਦਲ 1920 ਵਿੱਚ ਬਣਿਆ ਸੀ ਅਤੇ 2019 ਵਿੱਚ ਖ਼ਤਮ ਹੋ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੁਰਬਾਨੀਆਂ ਨਾਲ ਭਰੀ ਅਮੀਰ ਵਿਰਾਸਤ ਵਾਲਾ ਅਕਾਲੀ ਦਲ ਹੁਣ ਨਸ਼ਾ ਤਸਕਰਾਂ ਦੀ ਪਾਰਟੀ ਵੱਜਣ ਲੱਗਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਸੀ ਦੁਫੇੜ ਦਾ ਸ਼ਿਕਾਰ ਹੈ, ਜਿੱਥੇ ਹਰ ਆਗੂ ਆਉਣ ਵਾਲੇ ਸਮੇਂ ਵਿੱਚ ਮੁੱਖ ਮੰਤਰੀ ਦੀ ਕੁਰਸੀ `ਤੇ ਬਿਰਾਜਮਾਨ ਹੋਣ ਲਈ ਕਾਹਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਕਿਉਂਕਿ ਉਹ ਸਿਰਫ਼ ਸੱਤਾ ਦੀ ਲਾਲਸਾ ਨੂੰ ਸੰਤੁਸ਼ਟ ਕਰਨ ਅਤੇ ਇਸ ਨੂੰ ਕਿਸੇ ਵੀ ਤਰੀਕੇ ਨਾਲ ਆਪਣੇ ਹੱਥ ਵਿੱਚ ਲੈਣ ਲਈ ਚਿੰਤਤ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਲੋਕਾਂ ਦੀ ਦੌਲਤ ਲੁੱਟਣ ਦਾ ਤਜਰਬਾ ਨਹੀਂ, ਸਗੋਂ ਸਾਨੂੰ ਆਮ ਲੋਕਾਂ ਦੇ ਦੁੱਖ-ਸੁੱਖ ਸਾਂਝੇ ਕਰਨ ਤੇ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਮੁਹਾਰਤ ਹਾਸਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਭਾਵਨਾ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਆਗੂ ਇਨ੍ਹਾਂ ਗੱਲਾਂ ਨੂੰ ਹਜ਼ਮ ਨਹੀਂ ਕਰ ਪਾ ਰਹੇ, ਜਿਸ ਕਾਰਨ ਉਹ ਵਾਰ-ਵਾਰ ਸਾਡੇ ਵਿਰੁੱਧ ਜ਼ਹਿਰ ਉਗਲ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਕੋਝੇ ਹਥਕੰਡੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਹੀਂ ਰੋਕ ਸਕਣਗੇ ਅਤੇ ਉਹ ਸੂਬੇ ਦੇ ਸਰਵਪੱਖੀ ਵਿਕਾਸ ਲਈ ਇਸ ਨੇਕ ਕਾਰਜ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਕਦੇ ਵੀ ਸੂਬੇ ਜਾਂ ਇਸ ਦੇ ਲੋਕਾਂ ਦੀ ਪਰਵਾਹ ਨਹੀਂ ਕੀਤੀ ਅਤੇ ਇਨ੍ਹਾਂ ਹੰਕਾਰੀ ਆਗੂਆਂ ਨੇ ਹਮੇਸ਼ਾ ਸੂਬੇ ਲਈ ਕੰਮ ਕਰਨ ਦੀ ਬਜਾਏ ਆਪਣੇ ਪਰਿਵਾਰ ਤੇ ਨਿੱਜੀ ਹਿੱਤਾਂ ਨੂੰ ਤਰਜੀਹ ਦਿੱਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਇਹ ਰਵੱਈਆ ਪੰਜਾਬ ਅਤੇ ਇਸ ਦੇ ਲੋਕਾਂ ਦੋਵਾਂ ਲਈ ਨੁਕਸਾਨਦੇਹ ਸਾਬਤ ਹੋਇਆ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਇਸ ਗੱਲੋਂ ਸਾੜਾ ਰੱਖਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਮੰਨਣਾ ਸੀ ਕਿ ਉਨ੍ਹਾਂ ਕੋਲ ਸੂਬੇ ਵਿੱਚ ਰਾਜ ਕਰਨ ਦਾ ਦੈਵੀ ਅਧਿਕਾਰ ਹੈ। ਇਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਬੇਵਕੂਫ਼ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ ਹਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੁਤੰਤਰਤਾ ਸੈਨਾਨੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ, ਜਿਸ ਨੂੰ 3.40 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਗਿਆ ਹੈ, ਨੂੰ ਲੋਕਾਂ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਸਾਰੇ ਲੋੜੀਂਦੇ ਉਪਕਰਨ ਤੇ ਸਹੂਲਤਾਂ ਮੁਹੱਈਆ ਕੀਤੀਆਂ ਗਈਆਂ ਹਨ ਅਤੇ ਸਕੂਲ ਦਾ ਕਾਇਆ-ਕਲਪ ਕੀਤਾ ਗਿਆ ਹੈ, ਜਿਸ ਵਿੱਚ ਆਡੀਟੋਰੀਅਮ ਹਾਲ ਦਾ ਨਿਰਮਾਣ ਤੇ ਮੁਰੰਮਤ, ਦਾਖ਼ਲਾ ਗੇਟ, ਸਟੇਜ, ਪਾਰਕ, ਸ਼ੈੱਡ, ਮਿਡ-ਡੇਅ ਮੀਲ ਰਸੋਈ, ਵਰਕਸ਼ਾਪਾਂ, ਲੈਬਾਰਟਰੀਆਂ, ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਕਲਾਸਰੂਮ ਸ਼ਾਮਲ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਕੂਲ ਵਿਸ਼ਵ ਪ੍ਰਸਿੱਧ ਹੈ ਅਤੇ ਇੱਥੋਂ ਪੜ੍ਹੇ ਵਿਦਿਆਰਥੀਆਂ ਨੇ ਵਿਸ਼ਵ ਪੱਧਰ ਉੱਤੇ ਵੱਖ-ਵੱਖ ਖ਼ੇਤਰਾਂ ਵਿੱਚ ਆਪਣੀ ਛਾਪ ਛੱਡੀ ਹੈ।
ਮੁੱਖ ਮੰਤਰੀ ਨੇ ਸਰਕਾਰੀ ਨਰਸਿੰਗ ਟਰੇਨਿੰਗ ਸਕੂਲ, ਸੰਗਰੂਰ ਵੀ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੇ ਨਿਰਮਾਣ ਉੱਤੇ 7.81 ਕਰੋੜ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਅਤਿ-ਆਧੁਨਿਕ ਨਰਸਿੰਗ ਟਰੇਨਿੰਗ ਸਕੂਲ ਵਿੱਚ ਤਿੰਨ ਸਾਲਾ ਜੀ.ਐਨ.ਐਮ. ਕੋਰਸ ਕਰਵਾਇਆ ਜਾ ਰਿਹਾ ਹੈ ਅਤੇ ਇਸ ਸੰਸਥਾ ਨੂੰ ਹੋਸਟਲ, ਆਧੁਨਿਕ ਲੈਬਾਰਟਰੀਆਂ, ਮੈੱਸ, ਸਮਾਰਟ ਕਲਾਸਰੂਮਾਂ, ਆਧੁਨਿਕ ਲਾਇਬ੍ਰੇਰੀ, ਬੱਸ ਸਰਵਿਸ ਤੇ ਹੋਰ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਸੰਸਥਾ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋਵੇਗੀ ਕਿਉਂਕਿ ਪਹਿਲਾਂ ਉਨ੍ਹਾਂ ਨੂੰ ਨਰਸਿੰਗ ਦੀ ਪੜ੍ਹਾਈ ਲਈ ਬਠਿੰਡਾ, ਪਟਿਆਲਾ ਜਾਂ ਹੋਰ ਦੂਰ-ਦੁਰਾਡੇ ਜਾਣਾ ਪੈਂਦਾ ਸੀ।
ਮੁੱਖ ਮੰਤਰੀ ਨੇ ਵਰਲਡ ਕੈਂਸਰ ਕੇਅਰ ਦੀਆਂ 12 ਮੋਬਾਈਲ ਕੈਂਸਰ ਸਕਰੀਨਿੰਗ ਬੱਸਾਂ ਨੂੰ ਹਰੀ ਝੰਡੀ ਦਿਖਾਈ। ਇਹ ਬੱਸਾਂ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਕੈਂਪ ਲਗਾ ਕੇ ਲੋਕਾਂ ਦੀ ਜਾਂਚ ਕਰਨਗੀਆਂ ਅਤੇ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨਗੀਆਂ। ਉਨ੍ਹਾਂ ਇਸ ਸੰਸਥਾ ਦੇ ਚੇਅਰਮੈਨ ਡਾ. ਕੁਲਵੰਤ ਸਿੰਘ ਧਾਲੀਵਾਲ ਦੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮੌਕੇ ਪੰਜਾਬ ਵਿੱਚ 350 ਮੁਫ਼ਤ ਕੈਂਸਰ ਸਕਰੀਨਿੰਗ ਤੇ ਜਾਗਰੂਕਤਾ ਕੈਂਪ ਲਗਾਉਣ ਦੀ ਸ਼ਲਾਘਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਰਲਡ ਕੈਂਸਰ ਕੇਅਰ ਵੱਲੋਂ ਔਰਤਾਂ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਮੈਮੋਗ੍ਰਾਫ਼ੀ, ਸਰਵਾਈਕਲ ਕੈਂਸਰ ਲਈ ਪੀ.ਏ.ਪੀ. ਸਮੀਅਰ, ਮਰਦਾਂ ਦੇ ਪ੍ਰੋਸਟੇਟ ਕੈਂਸਰ ਲਈ ਪੀ.ਐਸ.ਏ. ਟੈਸਟ, ਮੂੰਹ ਤੇ ਗਲੇ ਦੇ ਕੈਂਸਰ ਲਈ ਓਰਲ ਸਕਰੀਨਿੰਗ, ਬੋਨ ਡੈਨਸਿਟੀ ਟੈਸਟ, ਬਲੱਡ ਟੈਸਟ ਤੇ ਹੋਰ ਲੋੜੀਂਦੇ ਟੈਸਟ ਮੁਫ਼ਤ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਨ ਹੈ ਕਿਉਂਕਿ ਕੈਂਸਰ ਵਿਰੁੱਧ ਮੁਹਿੰਮ ਨੂੰ ਨਵੇਂ ਤਰੀਕੇ ਨਾਲ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਆਮ ਆਦਮੀ ਨੂੰ ਘਰ-ਘਰ ਕੈਂਸਰ ਦੀ ਜਾਂਚ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਖ਼ਤਰੇ ਨੇ ਸੂਬੇ ਦੇ ਵਸਨੀਕਾਂ ਖ਼ਾਸ ਕਰ ਕੇ ਮਾਲਵਾ ਖੇਤਰ ਦੇ ਲੋਕਾਂ ਲਈ ਗੰਭੀਰ ਖ਼ਤਰਾ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਤੋਂ ਬੀਕਾਨੇਰ ਤੱਕ ਚੱਲਣ ਵਾਲੀ ਰੇਲ ਗੱਡੀ ਨੂੰ ਵੀ ਕੈਂਸਰ ਐਕਸਪ੍ਰੈੱਸ ਵਜੋਂ ਜਾਣਿਆ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ।