Fazilka Encounter: ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਅਕਾਸ਼ਦੀਪ ਦੀ ਮੌਤ ਮਾਮਲੇ ਵਿੱਚ ਨਸ਼ਾ ਤਸਕਰੀ ਦੇ ਮੁੱਖ ਮੁਲਜ਼ਮ ਜਰਨੈਲ ਸਿੰਘ ਨੂੰ ਪੁਲਿਸ ਨੇ ਫੜ੍ਹ ਲਿਆ ਹੈ।
Trending Photos
Fazilka Encounter: ਜਲਾਲਾਬਾਦ ਦੇ ਪਿੰਡ ਟਿਵਾਣਾ ਕਲਾਂ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਅਕਾਸ਼ਦੀਪ ਦੀ ਮੌਤ ਮਾਮਲੇ ਵਿੱਚ ਨਸ਼ਾ ਤਸਕਰੀ ਦੇ ਮੁੱਖ ਮੁਲਜ਼ਮ ਜਰਨੈਲ ਸਿੰਘ ਨੂੰ ਪੁਲਿਸ ਨੇ ਫੜ੍ਹ ਲਿਆ ਹੈ। ਜਿਸ ਨੇ ਪੁਲਿਸ ਦੀ ਗ੍ਰਿਫਤ ਵਿਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਪੁਲਿਸ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਮੁਲਜ਼ਮ ਦੇ ਪੈਰ ਵਿੱਚ ਗੋਲੀ ਲੱਗੀ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਨੂੰ ਹਸਪਤਾਲ ਦਾਖ਼ਲ ਕਰਵਾ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।
ਜਲਾਲਾਬਾਦ ਦੇ ਟਿਵਾਣਾ ਕਲਾਂ ਪਿੰਡ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਆਕਾਸ਼ਦੀਪ ਦੀ ਮੌਤ ਹੋ ਗਈ। ਪੁਲਿਸ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਚਾਰ ਲੋਕਾਂ ਨੇ ਆਕਾਸ਼ਦੀਪ ਨੂੰ ਨਸ਼ੀਲੇ ਪਦਾਰਥ ਦਿੱਤੇ ਸਨ। ਇਸ ਸਬੰਧੀ ਥਾਣਾ ਸਿਟੀ ਜਲਾਲਾਬਾਦ ਵਿੱਚ ਕੇਸ ਨੰਬਰ 87 ਅਧੀਨ ਧਾਰਾ 105 ਬੀਐਨਐਸ ਅਧੀਨ ਜਰਨੈਲ ਸਿੰਘ, ਹਰਜਿੰਦਰ ਸਿੰਘ, ਛਿੰਦਰਪਾਲ ਅਤੇ ਸਰਵਣ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਵਿੱਚ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁੱਖ ਮੁਲਜ਼ਮ ਜਰਨੈਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਗ੍ਰਿਫ਼ਤਾਰੀ ਤੋਂ ਬਾਅਦ ਜਰਨੈਲ ਸਿੰਘ ਨੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ। ਉਸ ਨੂੰ ਦੁਬਾਰਾ ਫੜ੍ਹਨ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ ਅਤੇ ਇੱਕ ਗੋਲੀ ਉਸ ਦੇ ਪੈਰ ਵਿੱਚ ਲੱਗੀ।
ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮੌਕੇ 'ਤੇ ਪਹੁੰਚੇ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਰੀਬ ਚਾਰ ਮਾਮਲੇ ਦਰਜ ਹਨ। ਇਸ ਮਾਮਲੇ ਵਿੱਚ ਵੀ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।
ਕਾਬਿਲੇਗੌਰ ਹੈ ਕਿ ਜਲਾਲਾਬਾਦ ਦੇ ਪਿੰਡ ਟਿਵਾਣਾ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਸੀ। ਮ੍ਰਿਤਕ ਦੀ ਲਾਸ਼ ਇੱਕ ਸ਼ੈਲਰ ਦੇ ਗੋਦਾਮ ਵਿੱਚੋਂ ਮਿਲੀ ਸੀ। ਹਾਲਾਂਕਿ, ਮ੍ਰਿਤਕ ਦੇ ਹੱਥ ਵਿੱਚ ਇੱਕ ਟੀਕਾ ਮਿਲਿਆ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਬੌਬੀ ਦੇ ਚਾਚਾ ਛਿੰਦਾ ਅਤੇ ਦਾਦੀ ਮਹਿੰਦਰ ਕੌਰ ਨੇ ਕਿਹਾ ਸੀ ਕਿ ਉਨ੍ਹਾਂ ਦੇ ਪਿੰਡ ਟਿਵਾਣਾ ਵਿੱਚ ਨਸ਼ੇ ਖੁੱਲ੍ਹੇਆਮ ਵਿਕ ਰਹੇ ਹਨ।
ਉਨ੍ਹਾਂ ਨੂੰ ਰੋਕਣ ਵਾਲਾ ਕੋਈ ਨਹੀਂ ਹੈ। ਹਾਲਾਤ ਅਜਿਹੇ ਹਨ ਕਿ ਹਰ ਰੋਜ਼ ਨੌਜਵਾਨ ਨਸ਼ਿਆਂ ਦਾ ਸ਼ਿਕਾਰ ਹੋ ਰਹੇ ਹਨ। ਮ੍ਰਿਤਕ ਦੇ ਚਾਚਾ ਛਿੰਦਾ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਭਤੀਜੇ ਦੀ ਲਾਸ਼ ਪਿੰਡ ਦੇ ਇੱਕ ਸ਼ੈਲਰ ਵਿੱਚੋਂ ਮਿਲੀ। ਉਸਦੇ ਹੱਥ ਵਿੱਚ ਨਸ਼ੇ ਦਾ ਟੀਕਾ ਮਿਲਿਆ। ਜਦੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਤਾਂ ਉਹ ਮੌਕੇ 'ਤੇ ਪਹੁੰਚੇ।