Paddy Season: ਝੋਨੇ ਦੀ ਬਿਜਾਈ ਦੇ ਸੀਜ਼ਨ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 30 ਸਤੰਬਰ ਤੱਕ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਅਤੇ ਤਬਾਦਲਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ।
Trending Photos
Paddy Season: ਝੋਨੇ ਦੀ ਬਿਜਾਈ ਦੇ ਸੀਜ਼ਨ ਕਾਰਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ 30 ਸਤੰਬਰ ਤੱਕ ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਅਤੇ ਤਬਾਦਲਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਕੋਈ ਵੀ ਕਰਮਚਾਰੀ ਆਪਣੀ ਡਿਊਟੀ ਉਸੇ ਥਾਂ 'ਤੇ ਕਰੇਗਾ ਜਿੱਥੇ ਉਸਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਕੋਈ ਛੁੱਟੀ ਨਹੀਂ ਦਿੱਤੀ ਜਾਵੇਗੀ। ਇਹ ਇਸ ਲਈ ਕੀਤਾ ਗਿਆ ਹੈ ਤਾਂ ਜੋ ਰਾਤ ਨੂੰ ਬਿਜਲੀ ਸਪਲਾਈ ਵਿੱਚ ਕੋਈ ਵਿਘਨ ਨਾ ਪਵੇ ਅਤੇ ਸ਼ਿਕਾਇਤਾਂ ਅਤੇ ਬੰਦ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ 1 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਚੁੱਕੀ ਹੈ। ਇਸ ਬਾਰੇ ਸੂਬਾ ਸਰਕਾਰ ਤੇ ਬਿਜਲੀ ਵਿਭਾਗ ਨੇ ਤਿਆਰੀਆਂ ਕਰ ਲਈਆਂ ਹਨ। ਇਸ ਵਾਰ ਪੰਜਾਬ ਵਿੱਚ ਝੋਨੇ ਦੀ ਲੁਆਈ ਪਿਛਲੇ ਵਰ੍ਹੇ ਨਾਲੋਂ 10 ਦਿਨ ਪਹਿਲਾਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਿਸਾਨਾਂ ਨੇ ਵੀ ਲੋੜੀਂਦੇ ਪ੍ਰਬੰਧ ਕਰ ਲਏ ਹਨ। ਹਾਲਾਂਕਿ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਅਮਲ 15 ਮਈ ਤੋਂ ਸ਼ੁਰੂ ਹੋ ਚੁੱਕਿਆ ਹੈ, ਜੋ 31 ਜੁਲਾਈ ਤੱਕ ਚੱਲੇਗਾ। ਜੇਕਰ ਪਿਛਲੇ ਸਾਲ 'ਚ ਝਾਤ ਮਾਰੀਏ ਤਾਂ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋਈ ਸੀ।
ਲੁਆਈ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ
ਸੂਬਾ ਸਰਕਾਰ ਨੇ ਝੋਨੇ ਦੀ ਲੁਆਈ ਲਈ ਪੰਜਾਬ ਨੂੰ ਤਿੰਨ ਜ਼ੋਨਾਂ ਵਿੱਚ ਵੰਡਿਆ ਹੈ ਤੇ ਇਸ ਦੀ ਸ਼ੁਰੂਆਤ ਸਰਹੱਦੀ ਤੇ ਨਹਿਰੀ ਸਿੰਜਾਈ ਵਾਲੇ ਖੇਤਰਾਂ ਤੋਂ ਕੀਤੀ ਜਾਵੇਗੀ। ਇਸ ਲਈ 1 ਜੂਨ ਨੂੰ ਸਭ ਤੋਂ ਪਹਿਲਾਂ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ’ਚ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਸ ਮਗਰੋਂ 5 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਅੰਮ੍ਰਿਤਸਰ, ਰੂਪਨਗਰ, ਐੱਸਏਐੱਸ ਨਗਰ (ਮੁਹਾਲੀ), ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ ਜਦਕਿ ਆਖਰ ਵਿੱਚ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 9 ਜੂਨ ਤੋਂ ਲੁਆਈ ਦੀ ਸ਼ੁਰੂਆਤ ਹੋਏਗੀ।
ਬਿਨ੍ਹਾਂ ਕਿਸੇ ਦਿੱਕਤ ਤੋਂ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਮਿਲੇਗੀ
ਬਿਜਲੀ ਵਿਭਾਗ ਨੇ ਪੰਜਾਬ ਵਿੱਚ ਝੋਨੇ ਦੀ ਲੁਆਈ ਦੌਰਾਨ ਰੋਜ਼ਾਨਾ 8 ਘੰਟੇ ਬਿਜਲੀ ਸਪਲਾਈ ਦੇਣ ਦਾ ਫ਼ੈਸਲਾ ਕੀਤਾ ਹੈ ਤੇ ਲੋੜ ਪੈਣ ’ਤੇ ਸਮਾਂ ਵਧਾਇਆ ਵੀ ਜਾ ਸਕਦਾ ਹੈ। ਇਸ ਵਾਰ ਪੈ ਰਹੀ ਅਤਿ ਦੀ ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣਾ ਪਾਵਰਕਾਮ ਲਈ ਇਮਤਿਹਾਨ ਦੀ ਘੜੀ ਹੋਏਗੀ। ਸੂਬੇ ’ਚ ਅੱਜ ਦੁਪਹਿਰ ਸਮੇਂ ਬਿਜਲੀ ਦੀ ਮੰਗ 11 ਹਜ਼ਾਰ ਮੈਗਾਵਾਟ ਦੇ ਕਰੀਬ ਦਰਜ ਕੀਤੀ ਗਈ ਹੈ, ਜੋ ਕਿ ਬਾਅਦ ਦੁਪਹਿਰ ਮੌਸਮ ’ਚ ਆਈ ਤਬਦੀਲੀ ਕਾਰਨ ਘਟ ਕੇ 7 ਤੋਂ 8 ਹਜ਼ਾਰ ਮੈਗਾਵਾਟ ਰਹਿ ਗਈ ਹੈ। ਹਾਲਾਂਕਿ ਅੱਜ ਪੰਜਾਬ ਵਿੱਚ ਸਥਿਤ ਤਿੰਨ ਸਰਕਾਰੀ ਤੇ ਦੋ ਨਿੱਜੀ ਥਰਮਲ ਪਲਾਂਟਾਂ ਦੇ ਸਾਰੇ 15 ਯੂਨਿਟ ਚੱਲ ਰਹੇ ਸਨ।