Punjab Weather News: ਅੱਜ ਮੁੜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ।
Trending Photos
Punjab Weather News: ਪੰਜਾਬ ਵਿੱਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਵਿੱਚ ਬਣੇ ਹਾਲਾਤਾਂ ਤੋਂ ਬਾਅਦ, ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਔਸਤਨ 3.9 ਡਿਗਰੀ ਸੈਲਸੀਅਸ ਡਿੱਗ ਗਿਆ ਹੈ, ਜੋ ਕਿ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ।
ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਦਰਜ ਕੀਤੀ ਗਈ। ਜਿਸ ਵਿੱਚ ਲੁਧਿਆਣਾ ਵਿੱਚ 4.4 ਮਿਲੀਮੀਟਰ, ਪਟਿਆਲਾ ਵਿੱਚ 3.0 ਮਿਲੀਮੀਟਰ, ਮੋਹਾਲੀ ਵਿੱਚ 0.5 ਮਿਲੀਮੀਟਰ ਬਾਰਿਸ਼ ਹੋਈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਸਮਾਨ ਬੱਦਲਵਾਈ ਰਹੇਗਾ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਦੋ ਦਿਨ ਤੋਂ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਝੋਨੇ ਦੀ ਲੁਆਈ ਵਿੱਚ ਕਾਫੀ ਤੇਜ਼ੀ ਆ ਗਈ ਹੈ। ਮੀਂਹ ਪੈਣ ਕਾਰਨ ਕਿਸਾਨਾਂ ਨੂੰ ਮੋਟਰਾਂ ਉਤੇ ਘੱਟ ਨਿਰਭਰ ਰਹਿਣਾ ਪੈ ਰਿਹਾ ਹੈ। ਜਿਥੇ ਕਿਸਾਨਾਂ ਨੂੰ ਮੀਂਹ ਦਾ ਫਾਇਦਾ ਹੋ ਰਿਹਾ ਹੈ ਉਥੇ ਹੀ ਨੁਕਸਾਨ ਵੀ ਝੱਲ਼ਣਾ ਪੈ ਰਿਹਾ ਹੈ। ਮੰਡੀਆਂ ਵਿੱਚ ਫਸਲ ਪਾਣੀ ਵਿੱਚ ਡੁੱਬਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ ਹੋਏ ਹਨ।
22 ਜੂਨ ਤੱਕ ਰਾਹਤ ਦੀ ਸੰਭਾਵਨਾ
ਮੌਸਮ ਵਿਗਿਆਨ ਕੇਂਦਰ ਅਨੁਸਾਰ, 17 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਗਰਜ-ਤੂਫ਼ਾਨ ਅਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 'ਯੈਲੋ ਅਲਰਟ' ਜਾਰੀ ਕੀਤਾ ਹੈ। ਅਗਲੇ ਦੋ ਦਿਨਾਂ ਵਿੱਚ ਤਾਪਮਾਨ 3-4 ਡਿਗਰੀ ਵਧਣ ਦੀ ਉਮੀਦ ਹੈ, ਪਰ ਇਸ ਤੋਂ ਬਾਅਦ ਇਹ ਫਿਰ 2-3 ਡਿਗਰੀ ਡਿੱਗ ਸਕਦਾ ਹੈ।
ਦੂਜੇ ਪਾਸੇ ਦੱਖਣ-ਪੱਛਮੀ ਮਾਨਸੂਨ ਬਿਹਾਰ, ਝਾਰਖੰਡ, ਮੱਧ ਪ੍ਰਦੇਸ਼ ਅਤੇ ਓਡੀਸ਼ਾ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਅਗਲੇ ਦੋ ਦਿਨਾਂ ਦੌਰਾਨ ਉੱਤਰੀ ਅਰਬ ਸਾਗਰ ਅਤੇ ਗੁਜਰਾਤ ਤੋਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਮਾਨਸੂਨ ਦੇ ਪ੍ਰਭਾਵ ਕਾਰਨ, ਉੱਤਰ-ਪੂਰਬੀ ਰਾਜਾਂ ਤੋਂ ਦੱਖਣੀ ਭਾਰਤ ਤੱਕ ਭਾਰੀ ਬਾਰਿਸ਼ ਹੋ ਰਹੀ ਹੈ। ਪ੍ਰੀ-ਮੌਨਸੂਨ ਬਾਰਿਸ਼ ਹਿਮਾਚਲ ਪ੍ਰਦੇਸ਼ ਸਮੇਤ ਪੱਛਮੀ ਹਿਮਾਲੀਅਨ ਰਾਜਾਂ ਵਿੱਚ ਪੈ ਰਹੀ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਉੱਤਰੀ ਅਰਬ ਸਾਗਰ ਅਤੇ ਗੁਜਰਾਤ ਦੇ ਕੁਝ ਹੋਰ ਹਿੱਸਿਆਂ ਅਤੇ ਵਿਦਰਭ ਦੇ ਬਾਕੀ ਹਿੱਸਿਆਂ, ਮੱਧ ਪ੍ਰਦੇਸ਼ ਦੇ ਹੋਰ ਹਿੱਸਿਆਂ, ਛੱਤੀਸਗੜ੍ਹ ਦੇ ਜ਼ਿਆਦਾਤਰ ਹਿੱਸਿਆਂ, ਓਡੀਸ਼ਾ ਦੇ ਬਾਕੀ ਹਿੱਸਿਆਂ, ਝਾਰਖੰਡ ਦੇ ਕੁਝ ਹਿੱਸਿਆਂ, ਪੱਛਮੀ ਬੰਗਾਲ ਦੇ ਪੂਰੇ ਗੰਗਾ ਮੈਦਾਨਾਂ ਅਤੇ ਉਪ-ਹਿਮਾਲੀਅਨ ਪੱਛਮੀ ਬੰਗਾਲ ਦੇ ਬਾਕੀ ਹਿੱਸਿਆਂ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਅਗਲੇ ਦੋ ਦਿਨਾਂ ਦੌਰਾਨ ਇਨ੍ਹਾਂ ਰਾਜਾਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ।