Tarn Taran By-election: ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਉਮੀਦਵਾਰ ਦਾ ਐਲਾਨ ਕੀਤਾ।
Trending Photos
Tarn Taran By-election: ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੈਲੀ ਦੌਰਾਨ ਉਮੀਦਵਾਰ ਦਾ ਐਲਾਨ ਕੀਤਾ। ਸੁਖਬੀਰ ਬਾਦਲ ਨੇ ਉਮੀਦਵਾਰ ਦਾ ਐਲਾਨ ਕਰਦੇ ਹੋਏ ਪਾਰਟੀ ਵਰਕਰਾਂ ਨੂੰ ਹੁਣ ਤੋਂ ਹੀ ਤਕੜੇ ਹੋ ਕੇ ਚੋਣ ਲੜਨ ਲਈ ਕਿਹਾ ਗਿਆ।
ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਰਾ ਆਜ਼ਾਦ ਗਰੁੱਪ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਲ ਹੋ ਗਿਆ ਅਤੇ ਸਰਦਾਰ ਬਾਦਲ ਨੇ ਗਰੁੱਪ ਦੀ ਆਗੂ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨ ਤਾਰਨ ਦੀ ਆ ਰਹੀ ਜ਼ਿਮਨੀ ਚੋਣ ਵਾਸਤੇ ਪਾਰਟੀ ਉਮੀਦਵਾਰ ਐਲਾਨ ਦਿੱਤਾ।
ਪਿੰਡ ਝਬਾਲ ਵਿਚ ਇਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅੱਜ ਦੇ ਇਕੱਠ ਨੇ ਆਉਂਦੀ ਜ਼ਿਮਨੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਮੁੱਢ ਬੰਨ੍ਹ ਦਿੱਤਾ ਹੈ। ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਅੱਜ 43 ਮੌਜੂਦਾ ਸਰਪੰਚਾਂ, 8 ਮਿਊਂਸਪਲ ਕੌਂਸਲਾਂ ਤੇ ਦਰਜਨਾਂ ਸਾਬਕਾ ਸਰਪੰਚਾਂ ਤੇ ਚੇਅਰਮੈਨਾਂ ਸਮੇਤ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੇ ਕਿਹਾ ਕਿ ਆਜ਼ਾਦ ਗਰੁੱਪ ਨੇ ਇਹ ਫੈਸਲਾ ਹਲਕੇ ਦੇ ਨਾਲ-ਨਾਲ ਪੰਥ ਤੇ ਪੰਜਾਬ ਦੇ ਹਿੱਤਾਂ ਲਈ ਲਿਆ ਹੈ। ਪ੍ਰਿੰਸੀਪਲ ਰੰਧਾਵਾ ਨੂੰ ਇਸ ਮੌਕੇ ਹਲਕਾ ਇੰਚਾਰਜ ਵੀ ਐਲਾਨਿਆ ਗਿਆ।
ਇਸ ਮੌਕੇ ਬਾਦਲ ਨੇ ਸਾਬਕਾ ਮੰਤਰੀ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਤਰਨ ਤਾਰਨ ਜ਼ਿਮਨੀ ਚੋਣ ਲਈ ਪਾਰਟੀ ਇੰਚਾਰਜ ਵੀ ਨਿਯੁਕਤ ਕੀਤਾ। ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਪ੍ਰਤੀਨਿਧਤਾ ਕਰਦਾ ਹੈ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਲੁੱਟਣ ਲਈ ਪੱਬਾਂ ਭਾਰ ਬਾਹਰਲੀਆਂ ਤਾਕਤਾਂ ਦਾ ਟਾਕਰਾ ਕਰਨ ਲਈ ਪਾਰਟੀ ਦੇ ਬੈਨਰ ਹੇਠ ਇਕਜੁੱਟ ਹੋਣ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਾਕਤਾਂ ਨੇ ਹੀ 2015 ਵਿਚ ਬੇਅਦਬੀ ਦੀਆਂ ਘਟਨਾਵਾਂ ਕਰਵਾਈਆਂ ਤਾਂ ਜੋ ਅਕਾਲੀ ਦਲ ਨੂੰ ਕਮਜ਼ੋਰ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਤਾਂ ਪਹਿਲਾਂ ਹੀ ਬੇਅਦਬੀ ਕੇਸਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ ਕਿਉਂਕਿ ਇਹ ਮਹਿਸੂਸ ਕਰਦੀ ਹੈ ਕਿ ਸਿਰਫ਼ ਇਕ ਨਿਰਪੱਖ ਜਾਂਚ ਹੀ ਇਨ੍ਹਾਂ ਘਟਨਾਵਾਂ ਵਿਚ ਆਪ ਦੀ ਭੂਮਿਕਾ ਬੇਨਕਾਬ ਕਰ ਸਕਦੀ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਪਿਛਲੇ 10 ਸਾਲਾਂ ਵਿਚ ਕਿਸੇ ਵੀ ਅਕਾਲੀ ਵਰਕਰ ਉਤੇ ਬੇਅਦਬੀ ਦੇ ਦੋਸ਼ ਨਹੀਂ ਲੱਗੇ ਅਤੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਅਰਵਿੰਦ ਕੇਜਰੀਵਾਲ, ਜੋ ਸੂਬੇ ਦਾ ਅਸਿੱਧੇ ਤੌਰ ਉਤੇ ਮੁੱਖ ਮੰਤਰੀ ਬਣਿਆ ਹੋਇਆ ਹੈ, ਤੋਂ ਬਚਾਉਣ ਲਈ ਲੋਕ ਅੱਗੇ ਆਉਣ।
ਬਾਦਲ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਵਿਚ ਆਪ ਦੀ ਭੂਮਿਕਾ ਇਨ੍ਹਾਂ ਦੇ ਵਿਧਾਇਕ ਨੂੰ ਕੁਰਾਨ ਸ਼ਰੀਫ ਦੀ ਬੇਅਦਬੀ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਹੀ ਸਪੱਸ਼ਟ ਹੋ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਹਰਪਾਲ ਚੀਮਾ ਤੇ ਹਰਜੋਤ ਬੈਂਸ ਨੇ ਦੋਸ਼ੀ ਦਾ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅਪਰਾਧ ਦੋਗੁਣਾ ਹੋ ਗਿਆ। ਉਨ੍ਹਾਂ ਕਿਹਾ ਕਿ ਆਪ ਵੱਲੋਂ ਬੇਅਦਬੀ ਦੇ ਦੋਸ਼ੀ ਦਾ ਬਚਾਅ ਕਰਨ ਦੇ ਯਤਨ ਇਥੇ ਹੀ ਨਹੀਂ ਰੁਕੇ ਬਲਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਰੇਸ਼ ਯਾਦਵ ਨੂੰ ਉਦੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਦੋਂ ਉਨ੍ਹਾਂ ਸੈਸ਼ਨਜ਼ ਅਦਾਲਤ ਨੂੰ ਇਹ ਲਿਖਵਾਇਆ ਕਿ ਸ਼ਿਕਾਇਤਕਰਤਾ ਨੇ ਸ਼ਿਕਾਇਤ ਵਾਪਸ ਲੈ ਲਈ ਹੈ ਅਤੇ ਉਨ੍ਹਾਂ ਸੈਸ਼ਨਜ਼ ਅਦਾਲਤ ਨੂੰ ਇਸਦੀ ਰੋਸ਼ੀ ਵਿਚ ਯਾਦਵ ਖਿਲਾਫ਼ ਸ਼ਿਕਾਇਤ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਬਾਅਦ ਵਿਚ ਕੇਜਰੀਵਾਲ ਨੇ ਯਾਦਵ ਨੂੰ ਪਿਛਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਮਹਿਰੌਲੀ ਤੋਂ ਮੁੜ ਤੋਂ ਪਾਰਟੀ ਉਮੀਦਵਾਰ ਐਲਾਨ ਦਿੱਤਾ।
ਬਾਦਲ ਨੇ ਇਕੱਠ ਨੂੰ ਇਹ ਵੀ ਦੱਸਿਆ ਕਿ ਕਿਵੇਂ ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਹਾਲ ਹੀ ਵਿਚ ਮੰਨਿਆ ਹੈ ਕਿ ਪਿਛਲੀ ਕਾਂਗਰਸ ਸਰਕਾਰ ਦਾ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਕੋਈ ਇਰਾਦਾ ਨਹੀਂ ਸੀ ਅਤੇ ਉਸਨੇ ਸਿਰਫ ਮਾਮਲੇ ’ਤੇ ਰਾਜਨੀਤੀ ਕੀਤੀ। ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕਿਵੇਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ 40 ਹਜ਼ਾਰ ਏਕੜ ਉਪਜਾਊ ਜ਼ਮੀਨ ਬਿਲਡਰਾਂ ਨੂੰ ਦੇਣ ਵਾਸਤੇ ਸਮਝੌਤਾ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜਿਹਾ ਚੋਣਾਂ ਲੜਨ ਵਾਸਤੇ ਪੈਸੇ ਇਕੱਠੇ ਕਰਨ ਵਾਸਤੇ ਕੀਤਾ ਗਿਆ ਤਾਂ ਜੋ ਆਪ ਦੇ ਕੇਂਦਰੀ ਭੰਡਾਰ ਨੂੰ ਪੈਸੇ ਨਾਲ ਭਰਿਆ ਜਾ ਸਕੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਅਕਾਲੀ ਦਲ ਇਸ ਸਾਜ਼ਿਸ਼ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਸਰਕਾਰ ਨੂੰ ਇਕ ਇੰਚ ਵੀ ਥਾਂ ਐਕਵਾਇਰ ਨਹੀਂ ਕਰਨ ਦਿਆਂਗੇ। ਇਸ ਮੌਕੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ, ਅਲਵਿੰਦਰਪਾਲ ਸਿੰਘ ਪੱਖੋਕੇ, ਗੌਰਵ ਵਲਟੋਹਾ, ਇਕਬਾਲ ਸਿੰਘ ਸੰਧੂ, ਗੁਰਬਚਨ ਸਿੰਘ ਕਰਮੂਵਾਲ, ਸੁਖਵਿੰਦਰ ਸਿੰਘ ਖਾਪਰਖੇੜੀ, ਸੁਰਜੀਤ ਸਿੰਘ ਪਹਿਲਵਾਨ, ਰਾਜਵਿੰਦਰ ਸਿੰਘ ਰਾਜਾ ਲਾਦੇਹ, ਰਣਬੀਰ ਸਿੰਘ ਰਾਣਾ ਲੋਪੋਕੇ ਅਤੇ ਗੁਰਸੇਵਕ ਸਿੰਘ ਸ਼ੇਖ ਵੀ ਹਾਜ਼ਰ ਸਨ।