Tarn Taran News: ਚੀਮਾ ਨੇ ਕਿਹਾ ਕਿ ਖਡੂਰ ਸਾਹਿਬ ਵਿਧਾਨ ਸਭਾ ਦੀਆਂ 80 ਪੰਚਾਇਤਾਂ ਨੇ ਨਸ਼ਾ ਤਸਕਰਾਂ ਦੀ ਮਦਦ ਕਰਨ ਤੋਂ ਇਨਕਾਰ ਕਰਨ ਦਾ ਮਤਾ ਪਾਸ ਕੀਤਾ ਹੈ, ਇਸੇ ਤਰਜ਼ 'ਤੇ ਵਿਧਾਇਕ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਵਿੱਚ ਮਤਾ ਪਾਸ ਕਰਨਗੇ।
Trending Photos
Tarn Taran News: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਤਰਨਤਾਰਨ ਨੂੰ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣਾਇਆ ਜਾਵੇਗਾ। ਇਹ ਦਾਅਵਾ ਕੈਬਨਿਟ ਮੰਤਰੀ ਅਤੇ ਯੁੱਧ ਨਸ਼ੇ ਦੇ ਵਿਰੱਧ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਚੀਮਾ ਨੇ ਤਰਨਤਾਰਨ ਦੇ ਵਿਕਾਸ ਭਵਨ ਵਿਖੇ ਪੁਲਿਸ, ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕੀਤਾ। ਇਸ ਮੀਟਿੰਗ ਵਿੱਚ ਹਰਪਾਲ ਚੀਮਾ ਤੋਂ ਇਲਾਵਾ ਕੈਬਨਿਟ ਮੰਤਰੀ ਲਾਲ ਸਿੰਘ ਭੁੱਲਰ, ਵਿਧਾਇਕ ਮਨਜਿੰਦਰ ਸਿੰਘ, ਲਾਲਪੁਰਾ ਦੇ ਵਿਧਾਇਕ ਸਰਵਣ ਸਿੰਘ ਧੁੰਨ, ਡੀਸੀ ਰਾਹੁਲ, ਐਸਐਸਪੀ ਅਭਿਮਨਿਊ ਰਾਣਾ ਅਤੇ ਸਿਵਲ ਸਰਜਨ ਡਾ: ਗੁਰਪ੍ਰੀਤ ਸਿੰਘ ਰਾਏ ਸਮੇਤ ਕਈ ਅਧਿਕਾਰੀ ਮੌਜੂਦ ਸਨ। ਇਸ ਮੀਟਿੰਗ ਵਿੱਚ, ਤਰਨ ਤਾਰਨ ਨੂੰ ਨਸ਼ਾ ਮੁਕਤ ਬਣਾਉਣ ਲਈ ਇੱਕ ਰਣਨੀਤੀ ਤਿਆਰ ਕੀਤੀ ਗਈ। ਹਰਪਾਲ ਚੀਮਾ ਨੇ ਕਿਹਾ ਕਿ ਸ਼ਰਾਬੀ ਪੁਲਿਸ ਮੁਲਾਜ਼ਮਾਂ ਅਤੇ ਪ੍ਰਸ਼ਾਸਨਿਕ ਸਟਾਫ਼ ਦੀ ਵੀ ਪਛਾਣ ਕੀਤੀ ਜਾਵੇਗੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨਸ਼ਾ ਛੁਡਾਊ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਹ ਨੌਜਵਾਨਾਂ ਨੂੰ ਅਕਾਦਮਿਕ ਮੁਕਾਬਲਿਆਂ, ਖੇਡਾਂ, ਸੱਭਿਆਚਾਰ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸਾਹਿਤ ਕਰਨ ਵਾਲੀਆਂ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕਰਨ।
ਵਿੱਤ ਮੰਤਰੀ ਨੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਵਿਰੁੱਧ ਤੇਜ਼ੀ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨਸ਼ਿਆਂ ਦੇ ਕਾਰੋਬਾਰ ਰਾਹੀਂ ਪ੍ਰਾਪਤ ਕੀਤੀ ਉਨ੍ਹਾਂ ਦੀ ਸਾਰੀ ਜਾਇਦਾਦ ਜ਼ਬਤ ਕੀਤੀ ਜਾਵੇ। ਇਸ ਮੌਕੇ ਐਸਐਸਪੀ ਤਰਨਤਾਰਨ ਅਭਿਮਨਿਊ ਰਾਣਾ ਨੇ ਵਿੱਤ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ ਦੌਰਾਨ 26 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਅਤੇ ਇਸ ਸਾਲ ਹੁਣ ਤੱਕ 2 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਛੇ ਹੋਰ ਮਾਮਲਿਆਂ ਵਿੱਚ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਐਨਡੀਪੀਐਸ ਐਕਟ ਤਹਿਤ 80 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ 13 ਕਿਲੋ ਹੈਰੋਇਨ ਜ਼ਬਤ ਕੀਤੀ ਗਈ ਹੈ।