Fazilka News: ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।
Trending Photos
Fazilka News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20,000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।