Bathinda News: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਬਠਿੰਡਾ ਪ੍ਰੈਸ ਕਾਨਫਰੰਸ ਕੀਤੀ।
Trending Photos
Bathinda News: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਬਠਿੰਡਾ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲਾਈਵ ਡਿਬੇਟ ਦੀ ਕਿਸਾਨਾਂ ਨੂੰ ਦਿੱਤੀ ਚੁਣੌਤੀ ਸਵੀਕਾਰ ਕਰਦੇ ਹੋਏ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਲਾਈਵ ਡਿਬੇਟ ਕਰਨ ਲਈ ਤਿਆਰ ਹਨ ਜਿਸ ਵਿੱਚ ਸਾਰੇ ਮੀਡੀਆ ਨੂੰ ਸੱਦਾ ਦਿੱਤਾ ਜਾਵੇ। ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮੁੱਖ ਮੰਤਰੀ ਨੂੰ ਘੇਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੁਝ ਬਿਆਨ ਦੇ ਰਹੇ ਹਨ ਜਦੋਂ ਕਿ ਉਨ੍ਹਾਂ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਹੋਰ ਬਿਆਨ ਦੇ ਰਹੇ ਹਨ।
ਬਠਿੰਡਾ ਵਿੱਚ ਬੀਤੇ ਦਿਨ ਰੱਖੀ ਗਈ ਕਾਨਫਰੰਸ ਤੋਂ ਪਹਿਲਾਂ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ ਰੱਖਣ ਦੇ ਮਾਮਲੇ ਉਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਆਖਿਰਕਾਰ ਸਰਕਾਰ ਨੂੰ ਆਪਣੇ ਫੈਸਲੇ ਪ੍ਰਤੀ ਪਿੱਛੇ ਹਟਣਾ ਪਿਆ ਅਤੇ ਅੱਜ ਉਹ ਪ੍ਰੈਸ ਕਾਨਫਰੰਸ ਕਰਨ ਲਈ ਬਠਿੰਡਾ ਪਹੁੰਚੇ ਹਨ। ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਰਿਆਣਾ ਵਿੱਚ ਪ੍ਰਦਰਸ਼ਨ ਦੌਰਾਨ ਯੂਨੀਅਨ ਦੀਆਂ ਔਰਤਾਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਸਨ ਪਰ ਹੁਣ ਉਨ੍ਹਾਂ ਨੂੰ ਪੁਲਿਸ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਉਤੇ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸੇ ਤਰ੍ਹਾਂ ਔਰਤਾਂ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਰਿਹਾ ਤਾਂ ਯੂਨੀਅਨ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
ਡੱਲੇਵਾਲ ਨੇ ਕਿਹਾ ਕਿ ਉਹ ਪਾਣੀ ਬਚਾਉਣ ਲਈ ਲੜਾਈ ਲੜ ਰਹੇ ਹਨ ਕਿਉਂਕਿ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਸਾਡੇ ਕੋਲ 15-20 ਸਾਲ ਦਾ ਹੀ ਪਾਣੀ ਬਾਕੀ ਬਚਿਆ ਹੈ। ਜੇਕਰ ਝੋਨਾ ਲੱਗਦਾ ਰਿਹਾ ਤਾਂ ਪਾਣੀ ਉਸ ਤੋਂ ਵੀ ਜਲਦੀ ਖਤਮ ਹੋ ਜਾਵੇਗਾ ਪਰ ਸਰਕਾਰਾਂ ਨੂੰ ਖੇਤੀ ਵਿਭਿੰਨਤਾ ਲਾਗੂ ਕਰਨ ਤੋਂ ਪਹਿਲਾਂ ਐੱਮਐੱਸਪੀ ਕਾਨੂੰਨ ਗਰੰਟੀ ਬਣਾਉਣਾ ਪਵੇਗਾ ਜਿਸ ਦੀ ਉਨ੍ਹਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਪਾਣੀ ਬਚਾਉਣ ਲਈ ਲੜਾਈ ਲੜਦਾ ਰਹਾਂਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਮੰਗਲਵਾਰ ਨੂੰ ਦੇਸ਼ ਭਰ ਵਿੱਚ ਡੀਸੀ ਦਫਤਰਾਂ ਅੱਗੇ ਕਿਸਾਨੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਇਹ ਵੀ ਪੜ੍ਹੋ : ਲੁਧਿਆਣਾ ਜ਼ਿਮਣੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਵਲੋਂ ਨਾਮਜ਼ਦਗੀ ਪੱਤਰ ਦਾਖਲ