ਸੁਖਬੀਰ ਸਿੰਘ ਬਾਦਲ ਨੇ ਹਰਚਰਨ ਸਿੰਘ ਹੀਰੋ ਦੇ ਸਪੁੱਤਰ ਹਰਪ੍ਰੀਤ ਸਿੰਘ ਹੀਰੋ ਨੂੰ ਅਕਾਲੀ ਦਲ ’ਚ ਕੀਤਾ ਸ਼ਾਮਲ
Advertisement
Article Detail0/zeephh/zeephh2849343

ਸੁਖਬੀਰ ਸਿੰਘ ਬਾਦਲ ਨੇ ਹਰਚਰਨ ਸਿੰਘ ਹੀਰੋ ਦੇ ਸਪੁੱਤਰ ਹਰਪ੍ਰੀਤ ਸਿੰਘ ਹੀਰੋ ਨੂੰ ਅਕਾਲੀ ਦਲ ’ਚ ਕੀਤਾ ਸ਼ਾਮਲ

Zira News: ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਹੁਣ ਪੰਜਾਬ ਨੂੰ ਲੁੱਟਣ ’ਤੇ ਲੱਗਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਦੇ ਡੀਲਰਾਂ ਨਾਲ ਸੌਦਾ ਕੀਤਾ ਹੈ ਕਿ ਉਹ ਪੰਜਾਬ ਦੀ 40 ਹਜ਼ਾਰ ਏਕੜ ਉਪਜਾਊ ਜ਼ਮੀਨ ਐਕਵਾਇਰ ਕਰ ਕੇ ਉਹਨਾਂ ਨੂੰ ਦੇਵੇਗਾ। 

ਸੁਖਬੀਰ ਸਿੰਘ ਬਾਦਲ ਨੇ ਹਰਚਰਨ ਸਿੰਘ ਹੀਰੋ ਦੇ ਸਪੁੱਤਰ ਹਰਪ੍ਰੀਤ ਸਿੰਘ ਹੀਰੋ ਨੂੰ ਅਕਾਲੀ ਦਲ ’ਚ ਕੀਤਾ ਸ਼ਾਮਲ

Zira News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਟਕਸਾਲੀ ਅਕਾਲੀ ਸਰਦਾਰ ਹਰਚਰਨ ਸਿੰਘ ਹੀਰੋ ਜੋ ਬਾਅਦ ਵਿਚ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਹੇ, ਦੇ ਸਪੁੱਤਰ ਹਰਪ੍ਰੀਤ ਸਿੰਘ ਹੀਰੋ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਕੀਤਾ ਅਤੇ ਉਹਨਾਂ ਨੂੰ ਇਸ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕਰ ਦਿੱਤਾ। ਬਾਦਲ ਨੇ ਮੱਖੂ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਮੌਕੇ ਅਜਿਹਾ ਕੀਤਾ।

ਮੱਖੂ ਵਿਖੇ ਸਿਆਸੀ ਕਾਨਫਰੰਸ ਵਿਚ ਹੀਰੋ ਪਰਿਵਾਰ ਦੇ ਹਜ਼ਾਰਾਂ ਸਮਰਥਕਾਂ ਦੇ ਨਾਲ-ਨਾਲ ਅਕਾਲੀ ਵਰਕਰ ਵੀ ਵੱਡੀ ਗਿਣਤੀ ਵਿਚ ਸ਼ਾਮਲ ਸਨ, ਜਿਹਨਾਂ ਨੇ ਪਾਰਟੀ ਵਿਚ ਪੂਰਨ ਵਿਸ਼ਵਾਸ ਪ੍ਰਗਟਾਇਆ। ਪਾਰਟੀ ਪ੍ਰਧਾਨ ਨੇ ਕਿਹਾ ਕਿ ਹਰਪ੍ਰੀਤ ਸਿੰਘ ਹੀਰੋ ਜੋ ਕਿ ਇਕ ਪ੍ਰਮੁੱਖ ਕਿਸਾਨ ਆਗੂ ਤੇ ਸਮਾਜ ਸੇਵੀ ਹਨ, ਖਿੱਤੇ ਵਿਚ ਪਾਰਟੀ ਲਈ ਗਹਿਣਾ ਸਾਬਤ ਹੋਣਗੇ ਤੇ ਉਹਨਾਂ ਨੇ ਹੀਰੋ ਪਰਿਵਾਰ ਦੀ ਵਾਪਸੀ ਨੂੰ ਅਕਾਲੀ ਦਲ ਵਿਚ ਘਰ ਵਾਪਸੀ ਕਰਾਰ ਦਿੱਤਾ।

ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੇ ਬੈਨਰ ਹੇਠ ਇਕਜੁੱਟ ਹੋਣ ਅਤੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਸਾਡੇ ਖਿਲਾਫ ਸ਼ੁਰੂ ਕੀਤੀ ਝੂਠੀ ਪ੍ਰਚਾਰ ਮੁਹਿੰਮ ਕਾਰਨ ਸਾਡੀ ਪਾਰਟੀ ਦਾ ਨੁਕਸਾਨ ਹੋਇਆ। ਉਹਨਾਂ ਕਿਹਾ ਕਿ ਸੱਚ ਹੁਣ ਸਾਹਮਣੇ ਆ ਰਿਹਾ ਹੈ ਅਤੇ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਖੁਦ ਮੰਨਿਆ ਹੈ ਕਿ ਉਹਨਾਂ ਨੇ ਬੇਅਦਬੀ ਦੇ ਮਾਮਲੇ ’ਤੇ ਰਾਜਨੀਤੀ ਕੀਤੀ ਅਤੇ ਕਾਂਗਰਸ ਪਾਰਟੀ ਦਾ ਇਸ ਘਨੌਦੇ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਕੋਈ ਇਰਾਦਾ ਨਹੀਂ ਸੀ ਤੇ ਸਾਡਾ ਸਾਰਾ ਜ਼ੋਰ ਅਕਾਲੀ ਦਲ ਦੀ ਬਦਨਾਮੀ ਕਰਨ ’ਤੇ ਲੱਗਾ ਸੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸੇ ਤਰੀਕੇ ਮਾਲੇਰਕੋਟਲਾ ਬੇਅਦਬੀ ਮਾਮਲੇ ਵਿਚ ਆਪ ਵਿਧਾਇਕ ਨਰੇਸ਼ ਯਾਦਵ ਨੂੰ ਦੋਸ਼ੀ ਠਹਿਰਾਏ ਜਾਣ ਨੇ ਸਾਬਤ ਕਰ ਦਿੱਤਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਵਿਚ ਭੂਮਿਕਾ ਸੀ। ਉਹਨਾਂ ਕਿਹਾ ਕਿ ਇਹ ਗੱਲ ਇਥੋਂ ਵੀ ਸਾਬਤ ਹੁੰਦੀ ਹੈ ਕਿਉਂਕਿ ਦੋ ਕੈਬਨਿਟ ਮੰਤਰੀਆਂ ਹਰਪਾਲ ਚੀਮਾ ਤੇ ਹਰਜੋਤ ਬੈਂਸ ਦੀ ਜ਼ਿੰਮੇਵਾਰੀ ਨਰੇਸ਼ ਯਾਦਵ ਦੇ ਬਚਾਅ ਵਾਸਤੇ ਲਗਾਈ ਗਈ ਜਿਸਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੇ ਮੁੜ ਤੋਂ ਮਹਿਰੌਲੀ ਤੋਂ ਉਮੀਦਵਾਰ ਬਣਾ ਦਿੱਤਾ। ਉਹਨਾਂ ਕਿਹਾ ਕਿ ਕੇਸ ਵਿਚ ਕੇਜਰੀਵਾਲ ਦੇ ਖਿਲਾਫ ਕਾਨੂੰਨ ਮੁਤਾਬਕ ਕਾਰਵਾਈ ਹੋਣੀ ਚਾਹੀਦੀ ਹੈ।

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਹੁਣ ਪੰਜਾਬ ਨੂੰ ਲੁੱਟਣ ’ਤੇ ਲੱਗਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਦੇ ਡੀਲਰਾਂ ਨਾਲ ਸੌਦਾ ਕੀਤਾ ਹੈ ਕਿ ਉਹ ਪੰਜਾਬ ਦੀ 40 ਹਜ਼ਾਰ ਏਕੜ ਉਪਜਾਊ ਜ਼ਮੀਨ ਐਕਵਾਇਰ ਕਰ ਕੇ ਉਹਨਾਂ ਨੂੰ ਦੇਵੇਗਾ। ਉਹਨਾਂ ਕਿਹਾ ਕਿ ਅਜਿਹਾ ਸੂਬੇ ਦੇ ਕਿਸਾਨਾਂ ਦੀ ਕੀਮਤ ’ਤੇ ਪੈਸੇ ਇਕੱਠੇ ਕਰਨ ਵਾਸਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹੈ ਅਤੇ ਇਕ ਇੰਚ ਜ਼ਮੀਨ ਵੀ ਐਕਵਾਇਰ ਨਹੀਂ ਕਰਨ ਦੇਵੇਗਾ।

ਪਿਛਲੀ ਅਕਾਲੀ ਦਲ ਦੀ ਸਰਕਾਰ ਅਪਣਾਈਆਂ ਗਈਆਂ ਵਿਕਾਸ ਮੁਖੀ ਨੀਤੀਆਂ ਦੀ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਮੈਂ ਹਮੇਸ਼ਾ ਕੀਤੇ ਸਾਰੇ ਵਾਅਦੇ ਨਿਭਾਏ ਹਨ। ਉਹਨਾਂ ਕਿਹਾ ਕਿ ਭਾਵੇਂ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਵਾਅਦਾ ਹੋਵੇ, ਸੂਬੇ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਨੂੰ ਚੰਡੀਗੜ੍ਹ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਚਹੁੰ ਮਾਰਗੀ ਬਣਾਉਣ ਦੀ ਗੱਲ ਹੋਵੇ, ਹਵਾਈ ਅੱਡੇ ਬਣਾਉਣ ਦੀ ਗੱਲ ਹੋਵੇ, ਦਿਹਾਤੀ ਖੇਤਰਾਂ ਵਿਚ ਵੱਡੇ ਵਿਕਾਸ ਪ੍ਰਾਜੈਕਟਾਂ ਦੀ ਗੱਲ ਹੋਵੇ, ਸਾਰੇ ਤੁਹਾਡੇ ਸਾਹਮਣੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਤੇ ਆਟਾ ਦਾਲ ਸਕੀਮ ਸਮੇਤ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ। ਉਹਨਾਂ ਕਿਹਾ ਕਿ ਇੰਨੀ ਵੱਡੀ ਪੱਧਰ ’ਤੇ ਵਿਕਾਸ ਕਾਰਨ ਕਾਂਗਰਸ ਤੇ ਆਪ ਦੋਵੇਂ ਘਬਰਾ ਗਈਆਂ ਤੇ ਦੋਵੇਂ ਨੇ ਬੇਅਦਬੀ ਦੇ ਮਾਮਲੇ ਸਮੇਤ ਅਕਾਲੀ ਦਲ ਦੀ ਬਦਨਾਮੀ ਕਰਨ ਦੀ ਮੁਹਿੰਮ ਆਰੰਭ ਦਿੱਤੀ ਜਦੋਂ ਕਿ ਅਕਾਲੀ ਦਲ ਨੇ ਹਮੇਸ਼ਾ ਪੰਥ ਤੇ ਪੰਜਾਬ ਦੀ ਰਾਖੀ ਕੀਤੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2015 ਦੀ ਬੇਅਦਬੀ ਦੇ ਮਾਮਲੇ ਵਿਚ ਕਾਂਗਰਸ ਪਾਰਟੀ ਨੇ ਮੰਗ ਕੀਤੀ ਸੀ ਕਿ ਕੇਸ ਸੀ ਬੀ ਆਈ ਨੂੰ ਸੌਂਪਿਆ ਜਾਵੇ ਜੋ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਨਿਆਂ ਦੇ ਹਿੱਤ ਵਿਚ ਤੁਰੰਤ ਪ੍ਰਵਾਨ ਕਰ ਲਈ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਸਰਕਾਰਾਂ ਦੋਵੇਂ 2015 ਦੇ ਬੇਅਦਬੀ ਕੇਸਾਂ ਵਿਚ ਕੋਈ ਵੀ ਕਾਰਵਾਈ ਕਰਨ ਵਿਚ ਨਾਕਾਮ ਰਹੀਆਂ। ਉਹਨਾਂ ਕਿਹਾ ਕਿ ਸਾਡੀ ਸਰਕਾਰ ਵੇਲੇ ਸਿਰਫ ਦੋ ਹੀ ਕੇਸ ਰਹਿ ਗਏ ਸਨ ਜਿਹਨਾਂ ਵਿਚ ਮੋਗਾ ਤੇ ਮਾਲੇਰਕੋਟਲਾ ਦੇ ਕੇਸ ਸ਼ਾਮਲ ਸਨ ਤੇ ਅਸੀਂ ਦੋਵਾਂ ਵਿਚ ਦੋਸ਼ੀਆਂ ਨੂੰ ਸਜ਼ਾਵਾਂ ਦੁਆਈਆਂ।

ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਆਗੂ ਜਨਮੇਜਾ ਸਿੰਘ ਸੇਖੋਂ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ’ਵਿਕਾਸ ਦਾ ਮਸੀਹਾ’ ਕਰਾਰ ਦਿੱਤਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2007 ਤੋਂ 2017 ਤੱਕ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਆਪਕ ਵਿਕਾਸ ਅਤੇ ਕਾਂਗਰਸ ਤੇ ਆਪ ਸਰਕਾਰਾਂ ਦੇ ਹਰ ਮੁਹਾਜ਼ ’ਤੇ ਅਸਫਲ ਹੋਣ ਦੀ ਤੁਲਨਾ ਕਰ ਕੇ ਆਪ ਹੀ ਵੇਖਣ ਲੈਣ।

TAGS

Trending news

;