Bathinda News: ਮ੍ਰਿਤਕ ਰਾਜੂ ਨੇ ਦਾਅਵਾ ਕੀਤਾ ਕਿ ਜੇਲ ਪ੍ਰਸ਼ਾਸਨ ਨੇ ਸਮੇਂ ’ਤੇ ਇਲਾਜ ਮੁਹੱਈਆ ਕਰਵਾਇਆ ਹੁੰਦਾ ਤਾਂ ਸੁੱਖਾ ਰਾਮ ਦੀ ਜਾਨ ਬਚਾਈ ਜਾ ਸਕਦੀ ਸੀ।
Trending Photos
Bathinda News: ਬਠਿੰਡਾ ਦੀ ਕੇਂਦਰੀ ਜੇਲ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਈ ਹੈ। ਮਾਨਸਾ ਜ਼ਿਲ੍ਹੇ ਦੇ ਨੰਗਲਾਂ ਪਿੰਡ ਨਿਵਾਸੀ ਨੌਜਵਾਨ ਸੁੱਖਾ ਰਾਮ ਦੀ ਜੁਡੀਸ਼ੀਅਲ ਕਸਟਡੀ ਦੌਰਾਨ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਹੈ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਜੇਲ ਪ੍ਰਸ਼ਾਸਨ ’ਤੇ ਇਲਾਜ ’ਚ ਅਣਗਹਿਲੀ ਵਰਤਣ ਦੇ ਗੰਭੀਰ ਦੋਸ਼ ਲਾਏ ਹਨ।
ਮ੍ਰਿਤਕ ਦੇ ਭਰਾ ਰਾਜੂ ਨੇ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਸੁੱਖਾ ਰਾਮ ਦੀ ਤਬੀਅਤ ਅਚਾਨਕ ਖਰਾਬ ਹੋ ਗਈ ਹੈ ਅਤੇ ਉਸ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਜਾ ਰਿਹਾ ਹੈ। ਪਰ ਜਦੋਂ ਪਰਿਵਾਰਕ ਮੈਂਬਰ ਹਸਪਤਾਲ ਪਹੁੰਚੇ, ਤਾਂ ਡਾਕਟਰਾਂ ਨੇ ਸੁੱਖਾ ਰਾਮ ਨੂੰ ਮ੍ਰਿਤਕ ਐਲਾਨ ਦਿੱਤਾ। ਰਾਜੂ ਨੇ ਦਾਅਵਾ ਕੀਤਾ ਕਿ ਜੇਲ ਪ੍ਰਸ਼ਾਸਨ ਨੇ ਸਮੇਂ ’ਤੇ ਇਲਾਜ ਮੁਹੱਈਆ ਕਰਵਾਇਆ ਹੁੰਦਾ ਤਾਂ ਸੁੱਖਾ ਰਾਮ ਦੀ ਜਾਨ ਬਚਾਈ ਜਾ ਸਕਦੀ ਸੀ।
ਉੱਥੇ ਹੀ, ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਮਾਮਲੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇਲ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸੂਚਨਾ ਦਿੱਤੀ ਗਈ ਸੀ ਕਿ ਸੁੱਖਾ ਰਾਮ ਦੀ ਅਚਾਨਕ ਤਬੀਅਤ ਵਿਗੜੀ ਸੀ ਅਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜੁਡੀਸ਼ੀਅਲ ਮੈਜਿਸਟਰੇਟ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਦੇ ਨਤੀਜਿਆਂ ਦੇ ਆਧਾਰ ’ਤੇ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਰਿਵਾਰ ਵੱਲੋਂ ਮੰਗ ਕੀਤੀ ਗਈ ਹੈ ਕਿ ਮਾਮਲੇ ਦੀ ਡੂੰਘੀ ਜਾਂਚ ਹੋਵੇ ਅਤੇ ਜੇਕਰ ਜੇਲ ਪ੍ਰਸ਼ਾਸਨ ਦੀ ਅਣਗਹਿਲੀ ਸਾਬਤ ਹੁੰਦੀ ਹੈ ਤਾਂ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।